ਸੰਗਰੂਰ/ ਪਟਿਆਲਾ – ਆਮ ਆਦਮੀ ਪਾਰਟੀ ਦੇ ਸਾਂਸਦ ਤੇ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕਰਦਿਆਂ ਕਿਹਾ ਕਿ ਥੋੜ੍ਹੇ ਦਿਨਾਂ ਲਈ ਘਰਾਂ ‘ਚ ਹੀ ਰਹੋ ਤੇ ਇਸ ਬੀਮਾਰੀ ਤੋਂ ਡਰੋ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਜ਼ਰੂਰੀ ਚੀਜ਼ਾਂ ਦੀ ਲੋੜ ਹੈ ਤਾਂ ਪਰਿਵਾਰ ‘ਚੋਂ ਸਿਰਫ ਇਕ ਬੰਦਾ ਹੀ ਬਾਹਰ ਜਾਵੇ ਅਤੇ ਵਾਪਸੀ ਸਮੇਂ ਚੰਗੀ ਤਰ੍ਹਾਂ ਹੱਥ-ਪੈਰ ਧੋਵੇ ਤੇ ਪੂਰੀਆਂ ਸਾਵਧਾਨੀਆਂ ਵਰਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਥੋੜੇ ਦਿਨ ਕੰਮ ਛੱਡ ਕੇ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ।
ਹੁਣ ਤੱਕ ਕੁੱਲ 26 ਪਾਜ਼ੀਟਿਵ ਕੇਸ ਪੂਰੇ ਪੰਜਾਬ ‘ਚੋਂ ਸਾਹਮਣੇ ਆ ਚੁੱਕੇ ਹਨ ਅਤੇ ਕੋਰੋਨਾ ਵਾਇਰਸ ਦੇ ਕਾਰਨ ਨਵਾਂ ਸ਼ਹਿਰ ‘ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਵੀ ਹੋ ਚੁੱਕੀ ਹੈ। ਪਾਜ਼ੀਟਿਵ ਕੇਸਾਂ ‘ਚ ਨਵਾਂ ਸ਼ਹਿਰ ‘ਚੋਂ ਹੀ ਕੁੱਲ 18 ਕੇਸ ਪਾਜ਼ੀਟਿਵ ਪਾਏ ਗਏ ਹਨ ਅਤੇ ਇਹ ਸਾਰੇ ਕੋਰੋਨਾ ਨਾਲ ਮਰੇ ਬਜ਼ੁਰਗ ਵਿਅਕਤੀ ਦੇ ਸੰਪਰਕ ‘ਚ ਆਏ ਸਨ। ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪਿਛਲੇ 24 ਘੰਟੇ ਵਿਚ ਪੰਜ ਲੋਕਾਂ ਦੀ ਕੋਵਿਡ-19 ਨਾਲ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ ਹੈ। ਮੰਗਲਵਾਰ ਨੂੰ ਜਲੰਧਰ ਦੇ ਗੋਰਾਇਆ ਖੇਤਰ ਵਿਚ ਤਿੰਨ ਲੋਕਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿਚ ਕੋਵਿਡ-19 ਪਾਜ਼ੀਟਿਵ ਮਰੀਜਾਂ ਦੀ ਗਿਣਤੀ 33 ਤੋਂ ਪਾਰ ਪਹੁੰਚ ਗਈ ਹੈ। ਪੰਜਾਬ ਵਿਚ ਹੁਣ ਤੱਕ 29 ਅਤੇ ਚੰਡੀਗੜ੍ਹ ਵਿਚ 7 ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜਾਂ ਦੀ ਪੁਸ਼ਟੀ ਹੋਈ ਹੈ। ਪੰਜਾਬ ਵਿਚ ਹੁਣ ਤੱਕ 251 ਸ਼ੱਕੀ ਮਰੀਜ ਸਾਹਮਣੇ ਆਏ ਹਨ। ਇਹਨਾਂ ਵਿਚੋਂ 183 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 45 ਦੀ ਰਿਪੋਰਟ ਦਾ ਇੰਤਜ਼ਾਰ ਹੈ। ਜਲੰਧਰ ਦੇ ਤਿੰਨ ਕੋਰੋਨਾ ਵਾਇਰਸ ਦੇ ਮਰੀਜ ਇਕੋ ਪਰਿਵਾਰ ਦੇ ਹਨ। ਇਸ ਤੋਂ ਬਾਅਦ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ।