ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 395ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਟਿਕਰੀ ਬਾਰਡਰ ਤੇ ਕਿਸਾਨ ਬੀਬੀਆਂ ਨਾਲ ਵਾਪਰੀ ਮੰਦਭਾਗੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਅਵਤਾਰ ਸਿੰਘ ਮਾਜਰਾ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰਦਿਆਂ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ, ਪੀੜ੍ਹਤ ਪਰਿਵਾਰਾਂ ਦਾ ਕਰਜ਼ਾ ਖ਼ਤਮ ਕਰਨ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੁੱਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁੱਲ ਤਬਾਹ ਹੋ ਜਾਣਗੇ। ਪ੍ਰਧਾਨ ਮੰਤਰੀ ਦੇਸ਼ ਦੇ ਅੰਨਦਾਤੇ ਨੂੰ ਬਰਬਾਦ ਕਰਨ ਵਾਲੇ ਮੌਜੁੂਦਾ ਸਮੇਂ ਦੇ ਔਰੰਗਜੇਬ ਸਾਬਤ ਹੋ ਰਹੇ ਹਨ, ਜਿਹੜਾ ਦੇਸ਼ ਦੀ ਜਨਤਾ ਨੂੰ ਗੁਲਾਮੀ ਦੀਆਂ ਜੰਜੀਰਾਂ ’ਚ ਜਕੜਣਾ ਚਾਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਗਲਤ ਹੱਥਕੰਡੇ ਅਪਨਾਉਣਾ ਬੰਦ ਕਰੇ। ਇਸ ਮੌਕੇ ਕਸ਼ਮੀਰਾ ਸਿੰਘ, ਦਵਿੰਦਰ ਸਿੰਘ, ਪ੍ਰੀਤਮ ਸਿੰਘ, ਜੰਗ ਸਿੰਘ, ਮੋਹਣ ਸਿੰਘ, ਦੀਦਾਰ ਸਿੰਘ, ਹਵਾ ਸਿੰਘ, ਕੈਪਟਨ ਨੰਦ ਲਾਲ, ਨਿਰਮਲ ਸਿੰਘ, ਗੁਰਧਿਆਨ ਸਿੰਘ, ਗੁਰਦਿਆਲ ਸਿੰਘ, ਐਨ.ਪੀ.ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।