ਲੋਕਾਂ ਦੇ ਘਰਾਂ ਤੱਕ ਪੁੱਜਿਆ ਦੁੱਧ, ਦਵਾਈਆਂ, ਸਬਜ਼ੀਆਂ, ਫ਼ਲ ਤੇ ਲੋੜੀਂਦਾ ਰਾਸ਼ਨ-ਡਿਪਟੀ ਕਮਿਸ਼ਨਰ

ਪਟਿਆਲਾ (ਅਰਵਿੰਦਰ ਸਿੰਘ) ਕਰੋਨਾਵਾਇਰਸ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਲੋੜੀਂਦੀਆਂ ਜਰੂਰੀ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਉਪਲਬਧ ਕਰਵਾਉਣ ਲਈ ਅਰੰਭ ਕੀਤੀ ਗਈ ਸਪਲਾਈ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ ਅਤੇ ਲੋਕਾਂ ਨੇ ਇਸ ਦੀ ਭਰਵੀਂ ਸ਼ਲਾਘਾ ਵੀ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਅਜਿਹੇ ਪ੍ਰਬੰਧ ਕੀਤੇ ਹਨ ਕਿ ਲੋੜੀਂਦੀਆਂ ਵਸਤਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਯਕੀਨੀ ਤੌਰ ‘ਤੇ ਪੁੱਜਣ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਪਿੰਡਾਂ ‘ਚ ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਸਾਰੇ ਐਸ.ਡੀ.ਐਮਜ, ਸਥਾਨਕ ਸਰਕਾਰਾਂ ਅਤੇ ਨਗਰ ਨਿਗਮ ਵੱਲੋਂ ਕੀਤੇ ਗਏ ਪ੍ਰਬੰਧਾਂ ਤਹਿਤ ਡੇਅਰੀਆਂ ਤੇ ਦੋਧੀਆਂ ਵੱਲੋਂ ਦੁੱਧ, ਰਾਸ਼ਨ ਦੀਆਂ ਦੁਕਾਨਾਂ, ਕੈਮਿਸਟਾਂ ਅਤੇ ਫ਼ਲਾਂ, ਸਬਜ਼ੀਆਂ ਦੇ ਵਿਕਰੇਤਾਵਾਂ ਵੱਲੋਂ ਲੋਕਾਂ ਦੀ ਮੰਗ ਅਨੁਸਾਰ ਉਨ੍ਹਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਜਗ੍ਹਾ ‘ਤੇ ਅਜੇ ਵੀ ਕੋਈ ਸਮਾਨ ਕਿਸੇ ਕੋਲ ਨਹੀਂ ਪਹੁੰਚਿਆ ਤਾਂ ਉਸਨੂੰ ਅਗਲੇ ਦਿਨਾਂ ਤੱਕ ਲੋੜੀਂਦੀਆਂ ਵਸਤਾਂ ਜਰੂਰ ਮਿਲ ਜਾਣਗੀਆਂ। ਕੁਝ ਦੁਕਾਨਦਾਰ ਵੱਲੋਂ ਲੋਕਾਂ ਦੇ ਫੋਨ ਨਾ ਚੁੱਕਣ ਦੀਆਂ ਮਿਲੀਆਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਵੱਸਦੇ ਝੁੱਗੀਆਂ ਝੋਪੜੀਆਂ ‘ਚ ਰਹਿੰਦੇ ਹੋਰ ਦਿਹਾੜੀਦਾਰਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਖ਼ੁਦ ਪ੍ਰਬੰਧ ਕੀਤੇ ਹਨ, ਉਥੇ ਹੀ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਅਸਥਾਨਾਂ ਨਾਲ ਵੀ ਤਾਲਮੇਲ ਕੀਤਾ ਹੈ, ਜਿਨ੍ਹਾਂ ਦੀ ਮਦਦ ਦੇ ਨਾਲ ਹਰ ਲੋੜਵੰਦ ਤੱਕ ਲੋੜੀਂਦੀਆਂ ਵਸਤਾਂ ਪੁੱਜਦੀਆਂ ਕੀਤੀਆਂ ਜਾਣਗੀਆਂ।

Share This :

Leave a Reply