ਪਟਿਆਲਾ ( ਅਰਵਿੰਦਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਯੋਗ ਅਗਵਾਈ ‘ਚ ਧਰਮ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਲਿਜਾਂਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਜ਼ਿਲ੍ਹੇ ਦੇ ਆਸ-ਪਾਸ ਖੇਤਰਾਂ ‘ਚ ਜ਼ਰੂਰਤਮੰਦਾਂ ਨੂੰ ਲੰਗਰ ਛਕਾਇਆ ਤੇ ਪਹੁੰਚਾਇਆ ਜਾ ਰਿਹਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਅੱਜ ਦੌਲਤਪੁਰ ਅਤੇ ਅਲੀਪੁਰ ਅਤੇ ਪੀਆਰਟੀਸੀ ਨੇੜੇ ਖੇਤਰ ਦੀਆਂ ਬਸਤੀਆਂ ‘ਚ ਪੁੱਜਕੇ ਲੰਗਰ ਚਲਾਇਆ ਗਿਆ।
ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਲਾਕਡਾਊਨ ਦੇ ਚੱਲਦਿਆਂ ਲੋੜਵੰਦ ਤੇ ਜ਼ਰੂਰਤਮੰਦ ਲੋਕ ਖਾਣ-ਪੀਣ ਦੀਆਂ ਵਸਤਾਂ ਦੀ ਲੋੜ ਮਹਿਸੂਸ ਕਰ ਰਹੇ ਹਨ, ਜਿਨਾਂ ਤੱਕ ਵੱਖ-ਵੱਖ ਸਮੇਂ ਲੰਗਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮ ਪੂਰੀ ਤਰ੍ਹਾਂ ਕਾਰਜਸ਼ੀਲ ਹਨ। ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੰਗਰ ਦੀ ਸੇਵਾ ਆਰੰਭ ਕੀਤੀ ਗਈ ਹੈ, ਉਥੇ ਹੀ ਇਸ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀ ਅਤੇ ਸੁਚੇਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਿਧਾਂਤ ਅਤੇ ਗੁਰਬਾਣੀ ਦੇ ਆਸ਼ੇ ਅਨੁਸਾਰ ਸੰਕਟਮਈ ਸਮੇਂ ‘ਚੋਂ ਨਿਕਲਣ ਲਈ ਸਾਰਿਆਂ ਨੂੰ ਸ਼ਬਦ ਗੁਰੂ ਦਾ ਆਸਰਾ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਯਤਨਸ਼ੀਲ ਹੋਣ ਦੀ ਵੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਮ ਸਿੰਘ, ਅਮਰਪਾਲ ਸਿੰਘ, ਗੁਰਵਿੰਦਰ ਸਿੰਘ, ਜਸਦੀਪ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ।