
ਫ਼ਤਹਿਗੜ੍ਹ ਸਾਹਿਬ (ਸੂਦ) ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡਿੱਗਣ ਤੋਂ ਰੋਕਣ ਲਈ ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਤੇ ਸਹਾਇਕ ਧੰਦੇ ਅਪਨਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਘੱਟ ਪਾਣੀ ਦੀ ਖਪਤ ਨਾਲ ਵੀ ਵਧੇਰੇ ਮੁਨਾਫਾ ਹਾਸਲ ਕਰ ਸਕਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਖੇਤੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਝੋਨੇ ਹੇਠੋਂ ਰਕਬਾ ਘਟਾ ਕੇ ਬਦਲਵੀਂਆਂ ਫਸਲਾਂ ਹੇਠ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਲਈ ਉਤਸ਼ਾਹਤ ਕੀਤਾ ਜਾਵੇ। ਇਹ ਪਸ਼ੂ ਪਾਲਕਾਂ ਲਈ ਵਧੇਰੇ ਲਾਭਦਾਇਕ ਹੈ ਕਿਉਂਕਿ ਇਸ ਨਾਲ ਜਿਥੇ ਪਸ਼ੂਆਂ ਨੂੰ ਚੰਗੀ ਖੁਰਾਕ ਮਿਲਦੀ ਹੈ ਉਥੇ ਪਸ਼ੂਆਂ ਦੇ ਦੁੱਧ ਵਿੱਚ ਵੀ ਵਾਧਾ ਹੁੰਦਾ ਹੈ।ਸ਼੍ਰੀਮਤੀ ਗਿੱਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਖੇਤੀਬਾੜੀ ਨਾਲ ਜੁੜਨ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਖੇਤੀ ਨਾਲ ਜੁੜ ਕੇ ਨਵੀਂਆਂ ਤਕਨੀਕਾਂ ਰਾਹੀਂ ਖੇਤੀ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿਉਂਕਿ ਇਸ ਨਾਲ ਜਿਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਝਾੜ ਵੀ ਵੱਧ ਨਿਕਲਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਤੇ ਕਸਟਮ ਹਾਈਰਿੰਗ ਸੈਂਟਰਾਂ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾਣ ਤਾਂ ਜੋ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ, ਉਸ ਨੂੰ ਜ਼ਮੀਨ ਵਿੱਚ ਰਲਾਉਣਾ ਯਕੀਨੀ ਬਨਾਉਣ। ਉਨ੍ਹਾਂ ਦੱਸਿਆ ਕਿ ਬਸੀ ਪਠਾਣਾਂ ਤੇ ਖੇੜਾ ਬਲਾਕਾਂ ਦੀ ਮਿੱਟੀ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਉਚੇਚੀ ਜਾਂਚ ਕਰਵਾਈ ਜਾਵੇ ਤਾਂ ਜੋ ਫ਼ਸਲਾਂ ਦੇ ਝਾੜ ਵਿੱਚ ਵਾਧਾ ਹੋ ਸਕੇ ਤੇ ਕਿਸਾਨਾਂ ਨੂੰ ਲਾਭ ਹੋ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਅਪਨਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਮਰੀਕ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਇੰਦਰਪਾਲ ਸਿੰਘ ਸੰਧੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।