ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਤਿੰਨ ਮਹੀਨੇ ਲਈ ਦਿੱਤਾ ਜਾ ਰਿਹਾ ਹੈ ਮੁਫ਼ਤ ਕਣਕ ਤੇ ਦਾਲ ਦਾ ਰਾਸ਼ਨ

ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਅਨਾਜ ਦੀ ਕੀਤੀ ਜਾ ਰਹੀ ਵੰਡ ਦੀ ਤਸਵੀਰ

ਨਵਾਂਸ਼ਹਿਰ,(ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 80 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਨੇ ਦੱਸਿਆ ਕਿ ਖੁਰਾਕ ਤੇ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ਅਨੁਸਾਰ ਅਨਾਜ ਵੰਡ ’ਚ ਮੁਕੰਮਲ ਤੌਰ ’ਤੇ ਪਾਰਦਰਸ਼ਤਾ ਬਣਾਈ ਰੱਖਣ ਲਈ ‘ਐਂਡ ਤੋਂ ਐਂਡ ਕੰਪਿਊਟ੍ਰਾਈਜ਼ੇਸ਼ਨ’ ਦੀ ਪਾਲਣਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਇਸ ਅਨਾਜ ਦਾ ਲਾਭ ਜ਼ਿਲ੍ਹੇ ਦੇ ਕਰੀਬ 78568 ਆਟਾ-ਦਾਲ ਤੇ ਅੰਨਤੋਦਿਆ ਕਾਰਡ ਲਾਭਪਾਤਰੀ ਪਰਿਵਾਰਾਂ (ਲਗਪਗ 2.96 ਲੱਖ ਮੈਂਬਰ) ਨੂੰ ਦਿੱਤਾ ਜਾਣਾ ਹੈ ਅਤੇ ਅਗਲੇ ਦੋ-ਤਿੰਨ ਦਿਨਾਂ ’ਚ ਅਨਾਜ ਦੀ ਵੰਡ 100 ਫ਼ੀਸਦੀ ’ਤੇ ਪੁੱਜ ਜਾਵੇਗੀ। ਇਸ ਅਨਾਜ ਵੰਡ ਤਹਿਤ ਗਰੀਬ ਪਰਿਵਾਰਾਂ ਨੂੰ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਇਹ ਅਨਾਜ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਪਾਸੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਅਨਾਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਦੀਆਂ ਹਦਾਇਤਾਂ ਤਹਿਤ ਲਾਭਪਾਤਰੀਆਂ ਤੱਕ ਗੁਣਵੱਤਾ ਭਰਪੂਰ ਅਨਾਜ ਹੀ ਜਾ ਰਿਹਾ ਹੈ, ਜਿਸ ਵਿੱਚ ਨੇਫ਼ਡ ਵੱਲੋਂ ਭੇਜੀਆਂ ਦਾਲਾਂ ਦੀ ਗੁਣਵੱਤਾ ਸਹੀ ਨਾ ਆਉਣ ਕਾਰਨ ਉਨ੍ਹਾਂ ਨੂੰ ਤਬਦੀਲ ਕਰਵਾਏ ਜਾਣ ਕਾਰਨ ਕੁੱਝ ਦੇਰੀ ਵੀ ਹੋਈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਨੁਸਾਰ ਜ਼ਿਲ੍ਹੇ ’ਚ 237 ਰਾਸ਼ਨ ਡਿੱਪੂਆਂ ਰਾਹੀਂ ਕੀਤੀ ਜਾ ਰਹੀ ਉਕਤ ਅਨਾਜ ਵੰਡ ਦੌਰਾਨ ਲੋਕਾਂ ਨੂੰ ਸਹੀ ਤੋਲ ਤੇ ਪੂਰੀ ਮਾਤਰਾ ’ਚ ਕਣਕ ਤੇ ਦਾਲ ਮੁਹੱਈਆ ਕਰਵਾਉਣ ’ਤੇ ਪੂਰਾ ਜ਼ੋਰ ਦਿੱਤਾ ਗਿਆ ਹੈ, ਜਿਸ ਦੌਰਾਨ ਤਿੰਨ ਡਿੱਪੂ ਹੋਲਡਰਾਂ ਦੀ ਸ਼ਿਕਾਇਤ ਆਉਣ ’ਤੇ ਤੁਰੰਤ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਅਗਲੇ ਤਿੰਨ ਦਿਨਾਂ ’ਚ ਇਨ੍ਹਾਂ ਪਰਿਵਾਰਾਂ ਦਰਮਿਆਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਅਨਾਜ ਦੀ ਵੰਡ ਨੂੰ ਮੁਕੰਮਲ ਕਰ ਲਿਆ ਜਾਵੇਗਾ।

Share This :

Leave a Reply