ਫ਼ਤਹਿਗੜ੍ਹ ਸਾਹਿਬ (ਰਵਿੰਦਰ ਸਿੰਘ ਢਿੱਲੋਂ ) ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ 1974 ) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਆਮ ਲੋਕਾਂ ਨੂੰ ਕੋਵਿਡ-2019 (ਕੋਰੋਨਾ ਵਾਇਰਸ) ਕਾਰਨ ਪ੍ਰਭਾਵਿਤ ਹੋਣ ਤੋਂ ਬਚਾਉਣ ਅਤੇ ਆਪਾਤਕਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਦੀ ਸੁਰੱਖਿਆ ਲਈ ਜ਼ਿਲ੍ਹੇ ਦੇ ਬਾਜ਼ਾਰ, ਦੁਕਾਨਾਂ ਅਤੇ ਫੈਕਟਰੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤ ਹਨ। ਜਦਕਿ ਮੈਡੀਕਲ ਸਟੋਰ, ਕਰਿਆਨਾ ਸਟੋਰ, ਡੇਅਰੀਆਂ, ਫ਼ਲ ਅਤੇ ਸਬਜ਼ੀ ਵਿਕ੍ਰੇਤਾਵਾਂ, ਪੈਟਰੋਲ ਪੰਪ, ਨਰਸਿੰਗ ਹੋਮ, ਕਲੀਨਿਕ, ਬੈਂਕ ਅਤੇ ਏ.ਟੀ.ਐਮਜ਼. ਨੂੰ ਹੀ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ। ਜ਼ਿਲ੍ਹੇ ਦੇ ਸਮੂਹ ਢਾਬੇ, ਹੋਟਲ, ਰੈਸਟੋਰੈਂਟ ਵਿੱਚ ਬੈਠ ਕੇ ਖਾਣਾ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ। ਕੇਵਲ ਹੋਮ ਡਲਿਵਰੀ ਅਤੇ ਟੇਕ ਅਵੇਅ ਦੀ ਸਹੂਲਤ ਹੋਵੇਗੀ। ਇਨ੍ਹਾਂ ਥਾਵਾਂ ਉਤੇ ‘ਤੇ ਵੀ ਸੈਨੇਟਾਈਜ਼ਰ ਜਾਂ ਸਾਬਣ ਅਤੇ ਪਾਣੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤੇ ਇਨ੍ਹਾਂ ਥਾਵਾਂ ਉਤੇ ਵੀ ਪੰਜ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋਣੇ ਚਾਹੀਦੇ। ਇਸ ਤੋਂ ਇਲਾਵਾ ਹੋਟਲ, ਰਿਜ਼ੌਰਟ, ਮੈਰਿਜ ਪੈਲੇਸ ਵਿੱਚ ਕਿਸੇ ਦੀ ਤਰ੍ਹਾਂ ਦੇ ਫੰਕਸ਼ਨ/ਇੱਕਠ ਕਰਨ ‘ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਾਰਚ ਦੀ ਰਾਤ 12:00 ਵਜੇ ਤੱਕ ਲਾਗੂ ਰਹਿਣਗੇ।
ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01763-232217 ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਵਿਦੇਸ਼ ਤੋਂ ਆਇਆ ਹੈ ਤੇ ਉਸ ਨੇ ਖ਼ੁਦ ਇਸ ਬਾਰੇ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਹੀਂ ਦਿੱਤੀ ਤਾਂ ਉਸ ਵਿਅਕਤੀ ਸਬੰਧੀ ਸੂਚਨਾ, ਕੁਆਰੰਟੀਨ ਦੀ ਉਲੰਘਣਾ ਅਤੇ ਕੋਰੋਨਾ ਦੇ ਲੱਛਣਾਂ ਬਾਰੇ ਵਿਅਕਤੀਆਂ ਬਾਰੇ ਸੂਚਨਾ ਕੰਟਰੋਲ ਰੂਮ ਦੇ ਨੰਬਰ ਉਤੇ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਨਾਲ ਹੀ ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਪੂਰੀ ਸਫਾਈ ਕਰਵਾ ਕੇ ਸ਼ਹਿਰਾਂ ਨੂੰ ਸੈਨੇਟਾਈਜ਼ ਕੀਤਾ ਜਾਵੇ। ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਅਨਾਊਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਅਤੇ ਜਾਰੀ ਕੀਤੇ ਪਾਬੰਦੀਆਂ ਦੇ ਹੁਕਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਨੋਟੀਫਿਕੇਸ਼ਟਨ ਮੁਤਾਬਕ 30 ਜੂਨ 2020 ਤੱਕ 02-ਪਲਾਈ ਮਾਸਕ ਦੀ ਕੀਮਤ 08 ਰੁਪਏ ਅਤੇ 03-ਪਲਾਈ ਸਰਜੀਕਲ ਮਾਸਕ ਦੀ ਕੀਮਤ 10 ਰੁਪਏ ਤੋਂ ਵੱਧ ਨਹੀਂ ਹੋ ਸਕਦੀ। ਉਨ੍ਹਾਂ ਦੱਸਿਆ ਕਿ ਹੈਂਡ ਸੈਨੇਟਾਈਜ਼ਰ ਦੀ ਕੀਮਤ 100 ਰੁਪਏ ਪ੍ਰਤੀ 200 ਐਮ.ਐਲ ਤੋਂ ਵੱਧ ਨਹੀਂ ਹੋ ਸਕਦੀ ਹੈ। ਇਸ ਸਬੰਧੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਇਹ ਸਾਰੇ ਕਦਮ ਲੋਕਾਂ ਦੀ ਭਲਾਈ ਲਈ ਹੀ ਚੁੱਕੇ ਜਾ ਰਹੇ ਹਨ। ਇਸ ਲਈ ਲੋਕ ਸਰਕਾਰ ਨੂੰ ਇਸ ਸਬੰਧੀ ਪੂਰਨ ਸਹਿਯੋਗ ਦੇਣ।