ਫਤਹਿਗੜ੍ਹ ਸਾਹਿਬ (ਸੂਦ)- ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਕੋਰੋਨਾ ਖਿਲਾਫ ਜੰਗ ਵਿੱਚ ਜ਼ਿਲ੍ਹਾ ਪੁਲਿਸ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਘਰਾਂ ਤੋਂ ਬਾਹਰ ਰਹਿਣ ਵੇਲੇ ਮਾਸਕ ਪਾਉਣਾ ਅਤੇ ਸਮਾਜਿਕ ਵਿੱਥ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਕ ਨਾ ਪਾਉਣ ਵਾਲਿਆਂ ਅਤੇ ਸਮਾਜਿਕ ਦੂਰੀ ਸਬੰਧੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ 23 ਮਾਰਚ 2020 ਤੋਂ ਲੱਗੇ ਕਰਫਿਊ ਅਤੇ ਉਸ ਉਪਰੰਤ ਲਾਗੂ ਹੋਏ ਲਾਕਡਾਊਨ ਦੌਰਾਨ ਹੁਣ ਤੱਕ ਕਰਫਿਊ ਦੀ ਉਲੰਘਣਾ ਸਬੰਧੀ 342 ਕੇਸ ਦਰਜ ਕੀਤੇ ਗਏ ਅਤੇ 555 ਮੁਲਜਮਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ 131 ਵਾਹਨ ਜਬਤ ਕੀਤੇ ਗਏ। ਇਸੇ ਤਰ੍ਹਾਂ ਨਸ਼ਿਆਂ ਸਬੰਧੀ 07 ਕੇਸ ਦਰਜ਼ ਕਰਕੇ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਨ੍ਹਾਂ ਮੁਲਜ਼ਮਾਂ ਪਾਸੋਂ 33 ਗ੍ਰਾਮ ਹੈਰੋਇਨ, 07 ਗ੍ਰਾਮ ਅਫੀਮ, ਕਰੀਬ 40 ਕਿਲੋ ਭੁੱਕੀ ਅਤੇ 35 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਨਾਜਾਇਜ਼ ਸ਼ਰਾਬ ਸਬੰਧੀ 23 ਕੇਸ਼ ਦਰਜ ਕਰਕੇ 24 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸਰਕਾਰ ਵੱਲੋਂ ਕਰਫਿਊ/ਲਾਕਡਾਊਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਛੋਟਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਜਨ ਜੀਵਨ ਮੁੜ ਲੀਹ ਉੱਤੇ ਆਉਣ ਲੱਗਿਆ ਹੈ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਮਾਸਕ ਪਾਉਣ ਤੇ ਸਮਾਜਿਕ ਵਿੱਥ ਸਬੰਧੀ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ।